ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਇਲਾਕੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਇਥੇਨੋਲ ਯੁਕਤ ਪੈਟਰੋਲ ਦੇ ਨਮੂਨੇ ਵੀ ਜਾਂਚ ਲਈ ਲਏ ਗਏ।ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਤੋਲ ਅਤੇ ਮਾਪ ਵਿਭਾਗ ਦੇ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਪੈਟਰੋਲ ਪੰਪਾਂ ਦੀ ਜਾਂਚ ਕੀਤੀ।
ਧਾਲੀਵਾਲ ਨੇ ਕਿਹਾ ਕਿ ਵਾਹਨ ਚਾਲਕਾਂ ਵੱਲੋਂ ਇਥੇਨੋਲ ਮਿਲੇ ਪੈਟਰੋਲ ਦੀ ਵਰਤੋਂ ਨਾਲ ਵਾਹਨਾਂ ਦੇ ਇੰਜਣ ਅਤੇ ਹੋਰ ਪੁਰਜ਼ਿਆਂ ਵਿੱਚ ਖਰਾਬੀ ਆਉਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਮੌਕੇ ’ਤੇ ਪੈਟਰੋਲ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ’ਤੇ ਆਰਥਿਕ ਬੋਝ ਵੱਧ ਰਿਹਾ ਹੈ। ਧਾਲੀਵਾਲ ਨੇ ਮੰਗ ਕੀਤੀ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨੂੰ ਦੇਖਦੇ ਹੋਏ ਪੈਟਰੋਲ, ਡੀਜ਼ਲ, ਘਰੇਲੂ ਐਲਪੀਜੀ ਅਤੇ ਵਪਾਰਕ ਐਲਪੀਜੀ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕੀਤੀ ਜਾਵੇ।ਧਾਲੀਵਾਲ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।