ਚੰਡੀਗੜ੍ਹ
8 ਜੁਲਾਈ
ਪੰਜਾਬ ਕਾਂਗਰਸ ਵਿੱਚ ਚੋਣਾਂ ਤੋਂ ਕਰੀਬ 8 ਮਹੀਨੇ ਪਹਿਲਾਂ ਅੰਦਰੂਨੀ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। AICC ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਪਾਰਟੀ ਅੰਦਰ ਚੱਲ ਰਹੀ ਖਿੱਚਤਾਣ ਨੂੰ ਲੈ ਕੇ ਸਖ਼ਤ ਸੰਕੇਤ ਦਿੱਤੇ ਗਏ ਹਨ।ਭੂਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਪੱਸ਼ਟ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ ਅਤੇ ਹਾਈਕਮਾਨ ਆਪਣੇ ਫੈਸਲੇ ‘ਤੇ ਕਾਇਮ ਰਹੇਗਾ।ਬਘੇਲ ਨੇ ਕਿਹਾ ਕਿ ਉਨ੍ਹਾਂ ਦੀ ਚੰਨੀ ਨਾਲ ਗੱਲਬਾਤ ਹੋਈ ਹੈ ਅਤੇ ਉਹ ਪਾਰਟੀ ਦੇ ਹੋਰ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ ਹਾਸਲ ਹੈ।ਉੱਧਰ, ਚੰਨੀ ਧੜੇ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਹਾਈਕਮਾਨ ਨੂੰ ਗਲਤ ਰਿਪੋਰਟ ਦਿੱਤੀ ਗਈ ਹੈ ਅਤੇ ਰਾਜਾ ਵੜਿੰਗ ਦੀ ਅਗਵਾਈ ਹੇਠ 2027 ਦੀ ਚੋਣ ਜਿੱਤਣਾ ਮੁਸ਼ਕਲ ਹੋਵੇਗਾ।ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ਼ਾਰਿਆਂ ਵਿੱਚ ਕਿਹਾ ਕਿ ਜੇਕਰ ਪੁਰਾਣੇ ਆਗੂ ਪਿੱਛੇ ਰਹਿ ਗਏ ਤਾਂ ਨਵੇਂ ਲੋਕ ਅੱਗੇ ਆ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮਨ ਬਣ ਚੁੱਕਾ ਹੈ।ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਵੀ ਕਿਹਾ ਕਿ ਹੁਣ ਪ੍ਰਯੋਗ ਕਰਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਹਨ ਅਤੇ ਪਾਰਟੀ ਨੂੰ ਅੰਦਰੂਨੀ ਸਮੱਸਿਆਵਾਂ ਨੂੰ ਜਲਦ ਹੱਲ ਕਰਨਾ ਚਾਹੀਦਾ ਹੈ।ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਹਨ ਕਿ ਚਰਨਜੀਤ ਸਿੰਘ ਚੰਨੀ ਧੜਾ ਅੱਗੇ ਕੀ ਰਣਨੀਤੀ ਅਪਣਾਉਂਦਾ ਹੈ ਅਤੇ ਕਾਂਗਰਸ ਇਸ ਅੰਦਰੂਨੀ ਸੰਕਟ ਨੂੰ ਕਿਵੇਂ ਸੁਲਝਾਉਂਦੀ ਹੈ।