ਜਲੰਧਰ
9 ਜੁਲਾਈ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵੀਰਵਾਰ ਨੂੰ ਨਾਰੀ ਨਿਕੇਤਨ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਤਲੁਜ ਫਿਲਮ ਵਿਵਾਦ ਅਤੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚਤਾਣ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਸਿਸੋਦੀਆ ਨੇ ਕਿਹਾ ਕਿ ਸਤਲੁਜ ਨੇ ਪੰਜਾਬ ਦੇ ਇਤਿਹਾਸ ਦਾ ਕਾਲਾ ਦੌਰ ਲੋਕਾਂ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਾਂਗਰਸ ਦੇ ਅਪਰਾਧਾਂ ’ਤੇ ਪਰਦਾ ਪਾਉਣ ਦਾ ਕੰਮ ਕਰ ਰਹੀ ਹੈ। ਅਦਾਕਾਰ ਨੂੰ ਦੋਸ਼ ਦੇਣ ਦੀ ਬਜਾਏ ਕਾਂਗਰਸ ਅਤੇ ਭਾਜਪਾ ਨੂੰ ਆਪਣੇ ਗਿਰੇਬਾਨ ਵਿੱਚ ਝਾਤ ਮਾਰਨੀ ਚਾਹੀਦੀ ਹੈ।
ਪੰਜਾਬ ਕਾਂਗਰਸ ਵਿੱਚ ਧੜੇਬੰਦੀ ’ਤੇ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੂੰ ਚੰਨੀ, ਰੰਧਾਵਾ ਜਾਂ ਵੜਿੰਗ ਦੇ ਝਗੜਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ਆਮ ਆਦਮੀ ਪਾਰਟੀ ਦਾ ਧਿਆਨ ਸਿਰਫ਼ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ 2027 ਲਈ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਹੈ।