ਪਟਿਆਲਾ ਦੇ ਨਾਭਾ ਨੇੜੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਨਾਲ ਵੱਡਾ ਹਾਦਸਾ ਵਾਪਰ ਗਿਆ।
ਜਾਣਕਾਰੀ ਮੁਤਾਬਕ ਥਾਣਾ ਸਦਰ ਨਾਭਾ ਦੇ ਐਸਐਚਓ ਜਸਪ੍ਰੀਤ ਸਿੰਘ ਨੂੰ ਤਸਕਰਾਂ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੂੰ ਦੇਖ ਕੇ ਕਥਿਤ ਤਸਕਰਾਂ ਨੇ ਆਪਣੀ ਗੱਡੀ ਭਜਾ ਲਈ, ਜਿਸ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਗਿਆ।
ਇਸ ਦੌਰਾਨ ਪਿੰਡ ਧੰਗੇੜਾ ਨੇੜੇ ਦੋਵੇਂ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਐਸਐਚਓ ਜਸਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਦਕਿ ਤਸਕਰ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਐਸਐਚਓ ਨੂੰ ਪਹਿਲਾਂ ਨਾਭਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਫਿਲਹਾਲ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।