ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
ਡੀ.ਸੀ. ਸਾਗਰ ਸੇਤੀਆ ਵੱਲੋਂ ਯੋਗ ਨਾਗਰਿਕਾਂ ਨੂੰ ਐੱਸ ਆਈ ਆਰ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ
ਮੋਗਾ, 16 ਜੁਲਾਈ,
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) ਪਹਿਲਾਂ 24 ਜੁਲਾਈ ਤੱਕ ਹੋਣੀ ਸੀ ਪਰ ਹੁਣ ਇਸ ਦਾ ਸਮਾਂ ਵਧਾ ਕੇ 3 ਅਗਸਤ ਤੱਕ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਨਾਗਰਿਕਾਂ ਨੂੰ ਐੱਸ ਆਈ ਆਰ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਜਾਇਜ਼ ਵੋਟਰ ਦੀ ਵੋਟ ਕੱਟੀ ਨਾ ਜਾ ਸਕੇ ਅਤੇ ਇਸ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਫੋਟੋ-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਐਸ.ਆਈ.ਆਰ. ਦੇ ਸੋਧੇ ਸ਼ਡਿਊਲ ਬਾਰੇ ਜਾਣਕਾਰੀ ਦਿੰਦੇ ਹੋਏ।