ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ
ਮੋਗਾ, 28 ਜੁਲਾਈ:
ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ, ਗੁਰੂਆਂ ਅਤੇ ਭਗਤਾਂ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਸ਼ੇਰਪੁਰ ਤਾਇਬਾਂ ਅਤੇ ਸ਼ੇਰਪੁਰ ਖੁਰਦ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਡਾਕੂਮੈਂਟਰੀ ਨੂੰ ਬੜੀ ਸ਼ਰਧਾ ਅਤੇ ਰੁਚੀ ਨਾਲ ਦੇਖਿਆ। ਡਾਕੂਮੈਂਟਰੀ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ, ਜਾਤ-ਪਾਤ ਦੇ ਵਿਰੋਧ ਅਤੇ ਸੱਚ, ਮਿਹਨਤ ਤੇ ਸੇਵਾ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਬੁਲਾਰਿਆਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਦਾ ਜੀਵਨ ਅਤੇ ਉਪਦੇਸ਼ ਅੱਜ ਵੀ ਸਮਾਜ ਲਈ ਉਨੇ ਹੀ ਪ੍ਰਸੰਗਿਕ ਹਨ ਜਿੰਨੇ ਆਪਣੇ ਸਮੇਂ ਵਿੱਚ ਸਨ। ਡਾਕੂਮੈਂਟਰੀ ਵਿੱਚ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸਕ ਤੱਥਾਂ ਅਤੇ ਉਨ੍ਹਾਂ ਦੇ ਸਮਾਜ ਸੁਧਾਰਕ ਯੋਗਦਾਨ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਜਿਹੇ ਉਪਰਾਲਿਆਂ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਇਤਿਹਾਸ, ਸੱਭਿਆਚਾਰਕ ਵਿਰਸੇ ਅਤੇ ਮਹਾਨ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨਾ ਹੈ, ਤਾਂ ਜੋ ਸਮਾਜ ਵਿੱਚ ਆਪਸੀ ਸਦਭਾਵਨਾ, ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।
ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਵਿਖਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਹਰ ਵਰਗ ਦੇ ਲੋਕ ਗੁਰੂ ਸਾਹਿਬਾਨ ਅਤੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਸਕਣ।
ਫੋਟੋ ਕੈਪਸ਼ਨ- ਸ਼ੇਰਪੁਰ ਤਾਇਬਾਂ ਅਤੇ ਸ਼ੇਰਪੁਰ ਖੁਰਦ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦੇਖ ਰਹੀ ਸੰਗਤ।