ਬਟਾਲਾ, 29 ਜੁਲਾਈ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਨੂੰ ਪਿੰਡ ਪੱਧਰ ‘ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਉਪਰਾਲੇ ਦਾ ਮਕਸਦ ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਭਾਈਚਾਰੇ ਦੇ ਮਹਾਨ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਤਾਂ ਜੋ ਲੋਕ ਆਪਣੇ ਅਧਿਆਤਮਕ ਅਤੇ ਸਮਾਜਿਕ ਵਿਰਸੇ ਨਾਲ ਹੋਰ ਮਜ਼ਬੂਤੀ ਨਾਲ ਜੁੜ ਸਕਣ।
ਬਟਾਲਾ ਹਲਕੇ ਅਧੀਨ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਬਹਿਬਲਚੱਕ ਵਿਖੇ ਆਧੁਨਿਕ ਵੱਡੀ ਐੱਲ.ਈ.ਡੀ. ਸਕ੍ਰੀਨ ਰਾਹੀਂ ਇਹ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਸੰਗਤਾਂ ਨੂੰ ਦਿਖਾਈ ਗਈ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੇ ਮਨੁੱਖਤਾਵਾਦੀ ਫ਼ਲਸਫ਼ੇ, ਸਮਾਜਿਕ ਸਮਾਨਤਾ ਅਤੇ ਲੋਕ-ਭਲਾਈ ਲਈ ਦਿੱਤੇ ਸੰਦੇਸ਼ਾਂ ਨੂੰ ਬਹੁਤ ਹੀ ਪ੍ਰੇਰਣਾਦਾਇਕ ਢੰਗ ਨਾਲ ਪੇਸ਼ ਕੀਤਾ ਗਿਆ।
ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਦਸਤਾਵੇਜ਼ੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ, ਸਗੋਂ ਸਮਾਜ ਵਿੱਚ ਆਪਸੀ ਪਿਆਰ, ਸਾਂਝ, ਬਰਾਬਰੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ।
ਪੰਜਾਬ ਸਰਕਾਰ ਵੱਲੋਂ ਇਹ ਦਸਤਾਵੇਜ਼ੀ ਸ਼ੋਅ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਪਿੰਡਾਂ ਵਿੱਚ ਵੀ ਕਰਵਾਏ ਜਾਣਗੇ। ਇਸ ਪਹਿਲ ਰਾਹੀਂ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਅਤੇ ਉਨ੍ਹਾਂ ਦੇ ਸਰਬੱਤ ਦੇ ਭਲੇ, ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਯਤਨ ਕੀਤਾ ਜਾ ਰਿਹਾ ਹੈ।