ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੱਕ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਵਾਲੀਬਾਲ ਸ਼ੂਟਿੰਗ ਅਤੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 27 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੈਸ਼ਿੰਗ), ਕਬੱਡੀ (ਸਰਕਲ/ਨੈਸ਼ਨਲ), ਖੋ-ਖੋ, ਅਥਲੈਟਿਕਸ, ਫੁੱਟਬਾਲ, ਬਾਕਸਿੰਗ, ਬਾਸਕਿਟਬਾਲ, ਹੈਂਡਬਾਲ, ਪਾਵਰਲਿਫਟਿੰਗ, ਵੇਟਲਿਫਟਿੰਗ, ਕਿੱਕ ਬਾਕਸਿੰਗ, ਗੱਤਕਾ, ਬੈਡਮਿੰਟਨ, ਕੁਸ਼ਤੀ, ਸ਼ੂਟਿੰਗ, ਰੋਲਰ ਸਕੇਟਿੰਗ, ਆਰਚਰੀ ਗੇਮ ਅਤੇ ਟੈਨਿਸ ਬਾਲ ਕ੍ਰਿਕਟ ਦੇ ਖੇਡ ਮੁਕਾਬਲੇ ਆਯੋਜਿਤ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੇਡ ਸੰਸਥਾਵਾਂ, ਕੋਚਾਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਹੋਰ ਰੋਸ਼ਨ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ, ਜਿਸ ਰਾਹੀਂ ਕੋਈ ਵੀ ਜ਼ਿਲ੍ਹਾ ਵਾਸੀ, ਖਿਡਾਰੀ ਜਾਂ ਵਿਦਿਆਰਥੀ ਇਨ੍ਹਾਂ ਖੇਡਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਸ੍ਰੀਮਤੀ ਸੁਰੇਖਾ (ਕਲਰਕ) ਮੋ: 78142-89102, ਦੀਪੀ ਕੋਚ 97815-72027 ਅਤੇ ਅੰਜਲੀ ਕੋਚ 82849-70454 ਨੰਬਰਾਂ ’ਤੇ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਐਸ.ਡੀ.ਐੱਮ. ਮਲੋਟ ਸ੍ਰੀ ਪੰਕਜ ਕੁਮਾਰ, ਐਸ.ਡੀ.ਐੱਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਕੁਮਾਰ, ਸ੍ਰੀ ਜਗਸੀਰ ਸਿੰਘ, ਸ੍ਰੀ ਸ਼ਮਿੰਦਰ ਬੱਤਰਾ ਤੋਂ ਇਲਾਵਾ ਵੱਖ-ਵੱਖ ਖੇਡ ਐਸੋਸੀਏਸ਼ਨਾਂ, ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।