ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼
ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਜ਼ਮੀਨੀ ਪੱਧਰ ’ਤੇ ਪਰਾਲੀ ਪ੍ਰਬੰਧਨ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਲੋੜੀਂਦੇ ਸੁਝਾਅ ਵੀ ਪ੍ਰਾਪਤ ਕੀਤੇ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਨੂੰ ਲੈ ਕੇ 22 ਪਿੰਡ ਹਾਟ-ਸਪਾਟ ਹਨ ਅਤੇ ਉਨ੍ਹਾਂ ਕਿਹਾ ਇਨ੍ਹਾਂ ਪਿੰਡਾਂ ਵਿੱਚ ਵੱਧ ਤੋਂ ਵੱਧ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਡਰੋਨ ਸਰਵੇਲੈਂਸ ਟੀਮਾਂ ਗਠਿਤ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮਜ਼. ਅਤੇ ਡੀ.ਐਸ.ਪੀਜ਼. ਨੂੰ ਹਦਾਇਤ ਕੀਤੀ ਪਿੰਡਾਂ ਅਤੇ ਕਲੱਸਟਰ ਪੱਧਰੀ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਆਪਸੀ ਤਾਲਮੇਲ ਮੀਟਿੰਗਾਂ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਉਤਸ਼ਾਹਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਵੀ ਕੀਤਾ ਜਾਵੇ।
ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜੋ ਆਧੁਨਿਕ ਮਸ਼ੀਨਰੀ ਅਲਾਟ ਹੋਈ ਹੈ, ਖਰੀਦੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਭਾਵਾਂ ਨੂੰ ਅਲਾਟ ਹੋਈ ਮਸ਼ੀਨਰੀ ਖਰੀਦ ਕਰਵਾਉਣੀ ਲਾਜ਼ਮੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ਸੁਚੱਜੇ ਢੰਗ ਨਾਲ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾਵੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਪੀ. (ਡੀ) ਸ੍ਰੀ ਅਸ਼ੋਕ ਮੀਨਾ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਐਸ.ਡੀ.ਐੱਮ. ਮਲੋਟ ਸ੍ਰੀ ਪੰਕਜ ਕੁਮਾਰ, ਐਸ.ਡੀ.ਐੱਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਰਿੰਦਰ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਸਮੂਹ ਬੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।