ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦ ਸਮੇਂ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪੀਟ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ ਪਾਣੀ, ਸਾਫ-ਸਫਾਈ ਅਤੇ ਲੋੜੀਂਦੀਆਂ ਲਾਈਟਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ । ਇਸ ਤੋਂ ਇਲਾਵਾ ਮੰਡੀਆਂ ਵਿੱਚ ਫਸਲ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਦੌਰਾਨ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਐਂਟਰ ਨਾ ਹੋਣ ਦਿੱਤਾ ਜਾਵੇ ਅਤੇ ਇਸ ਸਬੰਧੀ ਢੁੱਕਵੇਂ ਪੁਲਿਸ ਨਾਕੇ ਤੇ ਗਸਤ ਕਰਨੀ ਵੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਮੰਡੀ ਅਫਸਰਾਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ, ਲਿਫਟਿੰਗ ਅਤੇ ਹੋਰ ਸਬੰਧਤ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ।
ਉਨ੍ਹਾਂ ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨੂੰ ਵੀ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।