ਸ੍ਰੀ ਮੁਕਤਸਰ ਸਾਹਿਬ:- ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਸੱਕਾਂਵਾਲੀ, ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਫਸਲਾਂ ਦੀ ਸੁਚੱਜੀ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਤੇ ਸਿਫਾਰਸ਼ ਅਨੁਸਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਬੇਲਰ ਮਸ਼ੀਨਰੀ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨਾਲ ਇਨ—ਸੀਟੂ ਪਰਾਲੀ ਪ੍ਰਬੰਧਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ—ਵਟਾਂਦਰਾ ਕਰਦਿਆਂ ਉਹਨਾਂ ਦੇ ਢੁਕਵੇਂ ਹੱਲ ਵੀ ਸਾਂਝੇ ਕੀਤੇ।
ਇਸ ਮੌਕੇ ਡਾ. ਕਰਨਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ, ਆਤਮਾ ਨੇ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਕਟਾਈ ਅਤੇ ਕਣਕ ਦੀ ਸਮੇਂ ਸਿਰ ਬਿਜਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਉਹਨਾਂ ਕਿਹਾ ਕਿ ਕਿਸਾਨ ਫਸਲਾਂ ਦੀ ਕਟਾਈ ਅਤੇ ਬਿਜਾਈ ਦਾ ਸਮਾਂ ਸਹੀ ਢੰਗ ਨਾਲ ਨਿਰਧਾਰਤ ਕਰਕੇ ਪਰਾਲੀ ਪ੍ਰਬੰਧਨ ਲਈ ਢੁਕਵੇਂ ਤਰੀਕੇ ਅਪਣਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
ਇੰਜੀਨੀਅਰ ਰਾਜਿੰਦਰ ਕੁਮਾਰ ਨੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਕੰਬਾਈਨ ਹਾਰਵੈਸਟਰ ਵਿੱਚ ਐਸ.ਐਮ.ਐਸ. ( ਸਟਰਾਅ ਮੈਨੇਜਮੈਂਟ ਸਿਸਟਮ ) ਲਗਾ ਕੇ ਝੋਨੇ ਦੀ ਕਟਾਈ ਕਰਨ ਨਾਲ ਪਰਾਲੀ ਨੂੰ ਬਰੀਕ ਕੱਟ ਕੇ ਖੇਤ ਵਿੱਚ ਫੈਲਾਇਆ ਜਾ ਸਕਦਾ ਹੈ, ਜਿਸ ਉਪਰੰਤ ਵੱਖ—ਵੱਖ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਇਆ ਜਾ ਸਕਦਾ ਹੈ।
ਮਨਿੰਦਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਏ.ਡੀ.ਓ) ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਖ—ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸੁਪਰ ਸੀਡਰ, ਹੈਪੀ ਸੀਡਰ ਅਤੇ ਮਲਚਿੰਗ ਆਦਿ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ। ਇਹਨਾਂ ਤਕਨੀਕਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ।
ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਕੇ ਇਸਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਤਾਂ ਜੋ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ—ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਕੈਂਪ ਖ਼ਤਮ ਹੋਣ ਉਪਰੰਤ ਕਿਸਾਨ ਆਈਡੀ ਬਣਾਈਆਂ ਗਈਆਂ।