ਸ੍ਰੀ ਹਰਗੋਬਿੰਦਪੁਰ ਸਾਹਿਬ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਅੱਜ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਪਹੁੰਚੇ। ਇਸ ਮੌਕੇ ਪ੍ਰਿੰਸੀਪਲ ਗਗਨਦੀਪ ਸਿੰਘ, ਐੱਚ ਐੱਸ ਓ ਗੁਰਦਰਸ਼ਨ ਸਿੰਘ, ਸਰਪੰਚ ਭੁਪਿੰਦਰ ਸਿੰਘ, ਡਾਕਟਰ ਮਨਪ੍ਰੀਤ ਸਿੰਘ ਮੈਂਬਰ ਅਤੇ ਹੋਰ ਪਤਵੰਤੇ ਮੌਕੇ ‘ਤੇ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਵੰਡੇ। ਇਸ ਮੌਕੇ ਉਹ ਬੱਚਿਆਂ ਦੇ ਮਾਪਿਆਂ ਨੂੰ ਵੀ ਮਿਲੇ ਅਤੇ ਸਰਕਾਰ ਵਲੋਂ ਸਕੂਲਾਂ ਮਜ਼ਬੂਤ ਕੀਤੇ ਗਏ ਬੁਨਿਆਦੀ ਢਾਂਚੇ ਤੋਂ ਇਲਾਵਾ ਵੱਖ ਵੱਖ ਕੀਤੇ ਗਏ ਸੁਧਾਰਾਂ ਬਾਰੇ ਗੱਲਬਾਤ ਕੀਤੀ।
ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਮਾਪਿਆਂ ਦੀ ਵਰਕਸ਼ਾਪ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਐਸ. ਐਮ. ਸੀ. ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਕੂਲ ਵਿਕਾਸ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨਾ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜਾਗਰੂਕ ਕਰਨਾ ਅਤੇ ਸਕੂਲ ਦੇ ਕਾਰਜ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ।
ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ, ਵਿਦਿਆਰਥੀਆਂ ਦੇ ਹੁਣ ਤੱਕ ਦੀ ਸਮੁੱਚੀ ਕਾਰਗੁਜਾਰੀ, ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਸੰਬੰਧੀ ਜਾਣਕਾਰੀ, ਅਧਿਆਪਕਾਂ ਤੇ ਮਾਪਿਆਂ ਵਿੱਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ ਦੌਰਾਨ ਵਿਦਿਆਰਥੀ ਦੀ ਫੀਡਬੈਕ, ਜ਼ੀਰੋ ਡਰਾਪਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਆਦਿ ਸੰਬੰਧੀ ਵਿਚਾਰ ਚਰਚਾ ਕੀਤੀ ਗਈ।
ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ
ਪੰਜ ਸਾਲ ਪਹਿਲਾਂ ਲੋਕਾਂ ਨਾਲ ਨਾਲ ਇੱਕ ਵਾਅਦਾ ਕੀਤਾ ਸੀ। ਇਹ ਵਾਅਦਾ ਸੀ ਕਿ ਭਾਵੇਂ ਉਹ ਬੱਚਾ ਕਿਸੇ ਮਜ਼ਦੂਰ, ਡਰਾਈਵਰ ਜਾਂ ਕਿਸਾਨ ਦਾ ਹੋਵੇ ਉਹ ਉਸੇ ਪੱਧਰ ਦੀ ਸਿੱਖਿਆ ਹਾਸਲ ਕਰੇਗਾ, ਜੋ ਕਿਸੇ ਅਮੀਰ ਘਰ ਦੇ ਬੱਚੇ ਨੂੰ ਮਿਲਦੀ ਹੈ। ਵਾਅਦਾ ਕੀਤਾ ਸੀ ਕਿ ਸਾਡੇ ਸਰਕਾਰੀ ਸਕੂਲ ਦੇਸ਼ ਦੇ ਸਭ ਤੋਂ ਵਧੀਆ ਸਕੂਲ ਬਣਨਗੇ ਅਤੇ ਅੱਜ ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਅਸੀਂ ਆਪਣਾ ਇਹ ਵਾਅਦਾ ਨਿਭਾਇਆ ਹੈ।