ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ
ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਤ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਕਾਰਜਾਂ ਵਿੱਚ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ, ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 66,905 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 57,113 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।