ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਕਲਾਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਗਏ।
ਇਨ੍ਹਾਂ ਸੈਮੀਨਾਰਾਂ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਬਰੀਵਾਲਾ ਡਾ. ਅਰਿੰਦਰਪਾਲ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਕਲਾਂ ਵਿਖੇ ਅਤੇ ਖੇਤੀਬਾੜੀ ਵਿਕਾਸ ਅਫ਼ਸਰ, ਲੱਖੇਵਾਲੀ ਡਾ. ਮਨਮੀਤ ਸਿੰਘ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।
ਸੈਮੀਨਾਰਾਂ ਦੌਰਾਨ ਪਰਾਲੀ ਪ੍ਰਬੰਧਨ ਵਿਸ਼ੇ ’ਤੇ ਲੇਖ ਲਿਖਣ, ਪੇਂਟਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਅਪਣਾਈਆਂ ਜਾ ਸਕਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਸਕੂਲਾਂ ਦੀਆਂ ਪ੍ਰਿੰਸੀਪਲਾਂ ਸ੍ਰੀਮਤੀ ਸਰਬਜੀਤ ਕੌਰ, ਹਰੀਕੇ ਕਲਾਂ ਅਤੇ ਸ੍ਰੀ ਅਸ਼ਵਨੀ ਬਾਂਸਲ, ਭਾਗਸਰ ਅਤੇ ਉਨ੍ਹਾਂ ਦੇ ਸਮੂਹ ਸਟਾਫ਼ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।
ਇਸ ਮੌਕੇ ਹੈਰੀ, ਖੇਤੀਬਾੜੀ ਉਪ-ਨਿਰੀਖਕ, ਗਗਨਦੀਪ ਸਿੰਘ ਏ.ਟੀ.ਐਮ., ਮਨਦੀਪ ਸਿੰਘ ਜੇ.ਟੀ. ਅਤੇ ਦੀਪਇੰਦਰ ਸਿੰਘ ਤੇ ਰਾਜਵੀਰ ਸਿੰਘ, ਫੀਲਡ ਵਰਕਰ ਆਦਿ ਹਾਜ਼ਰ ਸਨ।