ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਵੀ ਜਾ ਰਿਹਾ ਹੈ।
ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਰੋਜ਼ਾਨਾ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਪਿੰਡ ਮੰਡਿਆਲਾ,ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕਾਬੂ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਡੀ.ਐੱਮ ਬਟਾਲਾ ਨੇ ਦੱਸਿਆ ਕਿ ਟੀਮਾਂ ਵਲੋਂ ਨਿਰੰਤਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਨਾਲ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਨਾੜ ਨੂੰ ਸਾੜਨ ਦੀ ਬਜਾਏ ਹੋਰ ਵਿਕਲਪਾਂ ਜਿਵੇਂ ਕਿ ਮਸ਼ੀਨਰੀ ਦੀ ਵਰਤੋਂ ਕਰਕੇ ਖੇਤ ਵਿੱਚ ਹੀ ਖ਼ਪਤ ਕਰਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।