ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੇਲੇ ਦੌਰਾਨ ਵੱਖ-ਵੱਖ ਬੈਂਕਾਂ ਵੱਲੋਂ ਸਵੈ-ਸਹਾਇਤਾ ਸਮੂਹਾਂ ਦੀਆਂ 56 ਕੈਸ਼ ਕ੍ਰੈਡਿਟ ਲਿਮਟ ਅਤੇ ਕਰਜ਼ਾ ਫਾਈਲਾਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਲਗਭਗ 1.70 ਕਰੋੜ ਰੁਪਏ ਦੇ ਕਰਜ਼ਾ ਮਨਜ਼ੂਰੀ ਅਤੇ ਵੰਡ ਸਬੰਧੀ ਪੱਤਰ ਜਾਰੀ ਕੀਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਨੇ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ, ਉਨ੍ਹਾਂ ਦੀ ਗਰੀਬੀ ਦੂਰ ਕਰਨ ਵਿੱਚ ਸਹਾਇਤਾ ਕਰਨਾ ਅਤੇ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਬੈਂਕਾਂ ਵੱਲੋਂ ਸਵੈ-ਸਹਾਇਤਾ ਸਮੂਹਾਂ ਨੂੰ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਦੀ ਸਹਾਇਤਾ ਨਾਲ ਪੇਂਡੂ ਔਰਤਾਂ ਆਪਣੇ ਛੋਟੇ ਕਾਰੋਬਾਰ ਸ਼ੁਰੂ ਕਰਨ ਅਤੇ ਮੌਜੂਦਾ ਆਜੀਵਿਕਾ ਦੇ ਸਾਧਨਾਂ ਨੂੰ ਹੋਰ ਵਿਕਸਤ ਕਰਨ ਦੇ ਯੋਗ ਬਣ ਸਕਦੀਆਂ ਹਨ। ਇਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਆਰਥਿਕ ਅਤੇ ਸਮਾਜਿਕ ਪੱਧਰ ਨੂੰ ਵੀ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਅਤੇ ਲਾਗੂ ਨਿਯਮਾਂ ਦੇ ਆਧਾਰ ’ਤੇ ਸਵੈ-ਸਹਾਇਤਾ ਸਮੂਹਾਂ ਨੂੰ ਇੱਕ ਲੱਖ ਰੁਪਏ ਤੋਂ ਛੇ ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਸਕਦੇ ਹਨ। ਅਜਿਹੇ ਕਰਜ਼ੇ ਪੇਂਡੂ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਆਰਥਿਕ ਗਤੀਵਿਧੀਆਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਲੀਡ ਬੈਂਕ ਮੈਨੇਜਰ, ਪੰਜਾਬ ਨੈਸ਼ਨਲ ਬੈਂਕ ਦੇ ਡੀ.ਸੀ.ਓ. ਸ੍ਰੀ ਅਜੇ ਕੁਮਾਰ, ਪੰਜਾਬ ਗ੍ਰਾਮੀਣ ਬੈਂਕ ਦੇ ਡੀ.ਸੀ.ਓ. ਸ੍ਰੀ ਸੰਦੀਪ, ਜ਼ਿਲ੍ਹਾ ਐਮ.ਆਈ.ਐੱਸ. ਸ੍ਰੀ ਸੌਰਭ ਮਦਾਨ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦਾ ਸਮੂਹ ਸਟਾਫ਼ ਹਾਜ਼ਰ ਸੀ।