ਕਿਸਾਨ ਨਿਰਧਾਰਤ ਮਾਪਦੰਡ ਅਨੁਸਾਰ ਹੀ ਝੋਨਾ ਮੰਡੀਆਂ ’ਚ ਲਿਆਉਣ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰ ਸਕਦੇ ਹਨ। ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਹੋਰ ਉਪਲਬਧ ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਮਿਲਾਇਆ ਜਾ ਸਕਦਾ ਹੈ ਜਾਂ ਇਸ ਦੀਆਂ ਗੱਠਾਂ ਬਣਾ ਕੇ ਹੋਰ ਢੁਕਵੇਂ ਕੰਮਾਂ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦਾ ਖੇਤਾਂ ਵਿੱਚ ਸੁਚੱਜਾ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ, ਨਮੀ ਬਰਕਰਾਰ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀ ਸਲਾਹ ਲੈਣ ਅਤੇ ਉਪਲਬਧ ਖੇਤੀ ਸੰਦਾਂ ਦੀ ਵਰਤੋਂ ਕਰਨ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਫ਼ਸਲ ਦੀ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਨਿਰਧਾਰਤ ਨਮੀ ਵਾਲਾ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।