ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ‘ਚ ਝੋਨੇ ਦੀ ਸਰਕਾਰੀ ਖਰੀਦ, ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਲਿਆਉਣ ਲਈ ਲੋੜੀਂਦੀ ਜਗ੍ਹਾ ਉਪਲੱਬਧ ਰਹੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਝੋਨੇ ਦੀ ਆਮਦ, ਖਰੀਦ ਅਤੇ ਲਿਫ਼ਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਬੀਤੇ ਦਿਨ 30 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 4,48,624 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ 4,15,416 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 2,27,218.31 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।