ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਲੜੀ ਤਹਿਤ ਵਿਜੀਲੈਂਸ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 1 ਨਵੰਬਰ 2026 ਨੂੰ ਤਹਿਸੀਲ ਗਿੱਦੜਬਾਹਾ ਵਿਖੇ ਏ.ਐੱਸ.ਆਈ. ਹਰਜਿੰਦਰ ਸਿੰਘ ਅਤੇ ਐੱਚ.ਸੀ. ਹਰਅੰਮ੍ਰਿਤ ਪ੍ਰਕਾਸ਼ ਵੱਲੋਂ ਸਰਕਾਰੀ ਇਮਾਰਤਾਂ ਅਤੇ ਹੋਰ ਅਦਾਰਿਆਂ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਪੋਸਟਰ ਲਗਾਏ ਗਏ, ਤਾਂ ਜੋ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾ ਸਕੇ।
ਵਿਜੀਲੈਂਸ ਬਿਊਰੋ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਸਰਕਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮਾਂ ਵਿੱਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਵਿਭਾਗ ਨੂੰ ਤੁਰੰਤ ਸੂਚਿਤ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸਰਕਾਰੀ ਫੰਡਾਂ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਘਪਲੇਬਾਜ਼ੀ ਸਬੰਧੀ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ਅਤੇ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ 95012-00200 ਨੰਬਰ ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਜਾਂ ਸਰਕਾਰੀ ਅਧਿਕਾਰਾਂ ਦੀ ਦੁਰਵਰਤੋਂ ਵਿਰੁੱਧ ਆਵਾਜ਼ ਉਠਾਉਣ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਵਾਲੇ ਸਮਾਜ ਦੀ ਸਿਰਜਣਾ ਵਿੱਚ ਸਹਿਯੋਗ ਦੇਣ।