ਪਿੰਡ ਅਵਾਣ ਅਤੇ ਚਾਹਗਿੱਲ ਵਿਖੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ
ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਬਟਾਲਾ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਖੇਤਰ ਦਾ ਦੌੌਰਾ ਕੀਤਾ ਗਿਆ ਅਤੇ
ਪਿੰਡ ਅਵਾਣ ਅਤੇ ਚਾਹਗਿੱਲ ਵਿਖੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗਿਆ।
ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਪਰਾਲੀ ਦੇ ਪ੍ਰਬੰਧਨ ਅਤੇ ਕਣਕ ਦੀ ਸਮੇਂ ਸਿਰ ਬਿਜਾਈ ਕਰਨ ਲਈ ਇੱਕ ਪ੍ਰਭਾਵਸ਼ਾਲੀ ਸੰਦ ਹੈ। ਇਸ ਤਕਨੀਕ ਰਾਹੀਂ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ, ਜ਼ਮੀਨ ਦੀ ਉਪਜਾਊ ਸ਼ਕਤੀ ਦੀ ਸੰਭਾਲ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਟੀ ਦੇ ਲਾਭਦਾਇਕ ਜੀਵਾਣੂ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੁੰਦੇ ਹਨ। ਇਸ ਲਈ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣਾ ਚਾਹੀਦਾ ਹੈ।