ਸੁੱਕੇ ਝੋਨੇ ਦੀ ਆਮਦ ਨਾਲ ਖ਼ਰੀਦ ਪ੍ਰਕਿਰਿਆ ਹੋਵੇਗੀ ਸੁਚਾਰੂ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ‘ਤੇ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਨਮੀ ਵਾਲਾ ਝੋਨਾ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਆਧੁਨਿਕ ਖੇਤੀ ਮਸ਼ੀਨਾਂ ਅਤੇ ਤਕਨੀਕਾਂ ਦੀ ਵਰਤੋਂ ਕਰਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਅਤੇ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।