ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਪੁਲਿਸ ਵਿਭਾਗ ਦੀ ਮਹਿਲਾ ਮਿੱਤਰ ਟੀਮ ਨੂੰ ਬਾਲ ਸੁਰੱਖਿਆ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਅਤੇ ਪੋਕਸੋ ਐਕਟ 2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫਬਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਇਹਨਾਂ ਕਾਨੂੰਨਾਂ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਉਹਨਾਂ ਨੂੰ ਸ਼ੋਸ਼ਣ ਅਤੇ ਦੁਰਵਿਵਹਾਰ ਤੋਂ ਸੁਰੱਖਿਅਤ ਰੱਖਣਾ ਅਤੇ ਲੋੜਵੰਦ ਬੱਚਿਆਂ ਨੂੰ ਸੁਰੱਖਿਆ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ।
ਉਹਨਾਂ ਮਹਿਲਾ ਮਿੱਤਰ ਟੀਮ ਨੂੰ ਜੁਵੇਨਾਈਲ ਜਸਟਿਸ ਐਕਟ ਅਧੀਨ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨ ਨਾਲ ਸੰਘਰਸ਼ ਕਰ ਰਹੇ ਬੱਚਿਆਂ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਪੋਕਸੋ ਐਕਟ ਅਧੀਨ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਅਪਰਾਧਾਂ ਦੀ ਰੋਕਥਾਮ, ਅਜਿਹੇ ਮਾਮਲਿਆਂ ਦੀ ਰਿਪੋਰਟਿੰਗ ਅਤੇ ਪੀੜਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਉਹਨਾਂ ਕਿਹਾ ਕਿ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਬੱਚਿਆਂ ਨਾਲ ਸਬੰਧਤ ਕਿਸੇ ਵੀ ਮਾਮਲੇ ਵਿੱਚ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਸਕੇ।ਸੈਮੀਨਾਰ ਕਰਵਾਉਣ ਦਾ ਮੁੱਖ ਉਦੇਸ਼ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਾਲ ਸੁਰੱਖਿਆ ਕਾਨੂੰਨਾਂ ਬਾਰੇ ਜਾਣਕਾਰੀ ਦੇ ਕੇ ਬੱਚਿਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣਾ ਹੈ।
ਇਸ ਮੌਕੇ ਮਿਸ ਰਜਨੀ, ਐਸ.ਐਚ.ਓ. ਅਤੇ ਸ੍ਰੀਮਤੀ ਪ੍ਰਭਜੋਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਉਹਨਾਂ ਨੇ ਵੀ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਵਿੱਚ ਜਾਗਰੂਕਤਾ ਅਤੇ ਵਿਭਾਗੀ ਸਹਿਯੋਗ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।