ਸ੍ਰੀ ਮੁਕਤਸਰ ਸਾਹਿਬ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ’ਤੇ ਪੈਂਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੇ ਮਿੱਤਰ ਕੀਟ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ। ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਆਧੁਨਿਕ ਖੇਤੀ ਮਸ਼ੀਨਾਂ ਅਤੇ ਤਕਨੀਕਾਂ ਦੀ ਵਰਤੋਂ ਕਰਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਅਤੇ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ।