ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸਵੱਛਤਾ ਬਣਾਈ ਰੱਖਣ ਵਿੱਚ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਰਲੀ ਪਰਤ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡਾਂ ਵਿੱਚ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।