ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਲਈ ਕਰਵਾਈਆਂ ਗਈਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ
ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਦੀ ਅਗਵਾਈ ਹੇਠ ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ।
ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਸਰਬਪੱਖੀ ਵਿਕਾਸ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਵੀ ਬਹੁਤ ਜ਼ਰੂਰੀ ਹੈ।
ਪ੍ਰੋਗਰਾਮ ਦੌਰਾਨ ਬੱਚਿਆਂ ਵੱਲੋਂ ਵੱਖ-ਵੱਖ ਰਚਨਾਤਮਕ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਬੱਚਿਆਂ ਨੇ ਸੁੰਦਰ ਚਾਰਟ ਮੇਕਿੰਗ, ਪੇਪਰ ਕਟਿੰਗ ਅਤੇ ਹੋਰ ਕਲਾਤਮਕ ਗਤੀਵਿਧੀਆਂ ਰਾਹੀਂ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਦੀਪ ਸਿੰਘ, ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਜੀਵਨ, ਸੀ.ਐੱਚ.ਟੀ. ਸ੍ਰੀਮਤੀ ਮਮਤਾ ਰਾਣੀ, ਸਪੈਸ਼ਲ ਐਜੂਕੇਟਰ ਸ. ਗੁਰਮੀਤ ਸਿੰਘ ਅਤੇ ਸ੍ਰੀਮਤੀ ਜਗਦੀਪ ਕੌਰ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਇਸ ਦੌਰਾਨ ਬੱਚਿਆਂ ਨੂੰ ਖਾਣ-ਪੀਣ ਦਾ ਸਮਾਨ ਵੀ ਵੰਡਿਆ ਗਿਆ।
ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ।