ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਖਜ਼ਾਨਾ ਅਫ਼ਸਰ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ “ਪੈਨਸ਼ਨਰ ਸੇਵਾ ਮੇਲਾ” ਆਯੋਜਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ., ਜੀਵਨ ਪ੍ਰਮਾਣ ਪੱਤਰ, ਪੀ.ਪੀ.ਓ. ਕਾਪੀ ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ ‘ਤੇ ਪੂਰੀ ਕੀਤੀ ਜਾਵੇਗੀ ਅਤੇ ਇਸ ਪੋਰਟਲ ਰਾਹੀਂ ਪੈਨਸ਼ਨਰਾਂ ਨੂੰ ਡਿਜਿਟਲ ਲਾਈਫ ਸਰਟੀਫਿਕੇਟ ਜਾਰੀ ਕਰਨ ਲਈ ਈ-ਕੇ.ਵਾਈ.ਸੀ. ਪ੍ਰਕਿਰਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।
ਵਧੇਰੇ ਜਾਣਾਕਾਰੀ ਦਿੰਦਿਆਂ ਪੈਨਸ਼ਨ ਇੰਚਾਰਜ ਸ੍ਰੀ ਸਾਹਿਬ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਪੋਰਟਲ” ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਣ ਅਤੇ ਹੋਰ ਸਹੂਲਤਾਂ ਇਕੋ ਪਲੇਟਫਾਰਮ ‘ਤੇ ਉਪਲਬਧ ਕਰਵਾਈਆਂ ਗਈਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ “ਪੈਨਸ਼ਨਰ ਸੇਵਾ ਮੇਲੇ” ਵਿੱਚ ਸ਼ਾਮਲ ਹੋ ਕੇ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਨ ਅਤੇ ਸਰਕਾਰ ਦੀ ਇਸ ਸਹੂਲਤ ਦਾ ਪੂਰਾ ਲਾਭ ਲੈਣ।