ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਡਾ. ਪਰਮਜੀਤ ਸਿੰਘ ਕਲਸੀ ਅਤੇ ਗਗਨਦੀਪ ਸਿੰਘ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਹਰੇਕ ਸਕੂਲ ਵਿੱਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਦੀ ਗਿਣਤੀ ਨੋਟ ਕਰਕੇ ਉਨ੍ਹਾਂ ਦੀਆਂ ਵੋਟਾਂ ਬਣਾਉਣੀਆਂ ਯਕੀਨੀ ਬਣਾਈਆਂ ਜਾਣ। ਜ਼ਿਲ੍ਹੇ ਵਿੱਚ ‘ਲੋਅ ਵੋਟਰ ਟਰਨਆਊਟ ‘ਦੀ ਪਹਿਚਾਣ ਕਰਕੇ ਉਨ੍ਹਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਔਰਤ ਵੋਟਰਾਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।