ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ
ਦੁਕਾਨਦਾਰ ਅਤੇ ਯੂਨੀਅਨ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ
ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਦੀ ਦਹਾਕਿਆਂ ਦੀ ਪੁਰਾਣੀ ਮੰਗ ਪੂਰੀ ਕਰਦਿਆਂ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੱਕ ਯੂਨੀਅਨ ਵਾਲੇ, ਵਸਨੀਕਾਂ, ਦੁਕਾਨਦਾਰਾਂ ਅਤੇ ਰਾਹੀਗਰਾਂ ਆਦਿ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਸਤਰੀ ਨਗਰ ਟਰੱਕ ਯੂਨੀਅਨ ਵਿਖੇ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਲੋਕਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹਿਰ ਦੇ ਪ੍ਰਮੁੱਖ ਚੌਂਕਾਂ ਵਿੱਚ ਟਰੈਫਿਕ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸ਼ਹੀਦ ਭਗਤ ਸਿੰਘ ਚੌਂਕ ਅਤੇ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਇਸ ਮੌਕੇ ਟਰੱਕ ਯੂਨੀਅਨ ਅਤੇ ਨੇੜਲੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਮਾਸਟ ਲਾਈਟਾਂ ਲੱਗਣ ਨਾਲ ਵੱਡੀ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।