ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ
ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੱਜ ਸਵੇਰੇ ਤੜਕਸਾਰ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ CASO (Cordon and Search Operation) ਸਰਚ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਖੁਦ ਵੱਖ-ਵੱਖ ਪਿੰਡਾਂ ਵਿੱਚ ਵਿਖੇ ਪਹੁੰਚੇ ਅਤੇ ਪੁਲਿਸ ਕਾਰਵਾਈ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਅਤੇ ਸੰਵੇਦਨਸ਼ੀਲ ਪਿੰਡਾਂ ਵਿੱਚ ਪੁਲਿਸ ਦੀਆਂ ਟੀਮਾਂ ਵੱਲੋਂ ਇੱਕੋ ਸਮੇਂ ਸਰਚ ਅਤੇ ਚੈਕਿੰਗ ਕੀਤੀ ਗਈ।
ਇਸ ਵਿਸ਼ੇਸ਼ ਅਭਿਆਨ ਲਈ ਜ਼ਿਲ੍ਹੇ ਵਿੱਚ 600 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਟੀਮਾਂ ਵਿੱਚ ਤਾਇਨਾਤ ਕੀਤਾ ਗਿਆ। ਇਨ੍ਹਾਂ ਵਿੱਚ ਸਥਾਨਕ ਪੁਲਿਸ ਟੀਮਾਂ ਤੋਂ ਇਲਾਵਾ ਪੀ.ਸੀ.ਆਰ. ਪਾਰਟੀਆਂ, ਮੋਟਰਸਾਈਕਲ ਰਾਈਡਰ ਅਤੇ ਪੈਟਰੋਲਿੰਗ ਪਾਰਟੀਆਂ ਵੀ ਸ਼ਾਮਲ ਰਹੀਆਂ। ਪੁਲਿਸ ਵੱਲੋਂ ਪਿੰਡਾਂ ਨੂੰ ਆਉਣ-ਜਾਣ ਵਾਲੇ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਘੇਰੇ ਵਿੱਚ ਲੈ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਸਰਚ ਅਭਿਆਨ ਦੌਰਾਨ ਵਿਸ਼ੇਸ਼ ਤੌਰ ’ਤੇ ਉਨ੍ਹਾਂ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲੇ ਦਰਜ ਹਨ ਜਾਂ ਜਿਹੜੇ ਵਾਰ-ਵਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਲੇਜ ਡਿਫੈਂਸ ਕਮੇਟੀਆਂ (VDC) ਦੇ ਮੈਂਬਰਾਂ ਅਤੇ ਆਮ ਲੋਕਾਂ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਵੀ ਸ਼ੱਕੀ ਵਿਅਕਤੀਆਂ ਅਤੇ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ।
ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਰਿਕਾਰਡ ਦੀ PAIS ਐਪ ਰਾਹੀਂ ਜਾਂਚ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ VAHAN ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ। ਪੀ.ਸੀ.ਆਰ. ਅਤੇ ਮੋਟਰਸਾਈਕਲ ਰਾਈਡਰਾਂ ਵੱਲੋਂ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਇਆ ਗਿਆ।
ਪੁਲਿਸ ਵੱਲੋਂ ਪਿਛਲੇ ਦਿਨਾਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਜਿਹੜੇ ਵਿਅਕਤੀ ਅਜੇ ਵੀ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਹੇ, ਉਨ੍ਹਾਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ ਥਾਵਾਂ ਅਤੇ ਸਰੋਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਲੋਕ ਹਿੱਤ ਵਿੱਚ ਵਰਤੋਂਯੋਗ ਬਣਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਇਸ ਅਭਿਆਨ ਦੀ ਨਿਗਰਾਨੀ ਸ੍ਰੀ ਗੁਰਿੰਦਰਜੀਤ ਸਿੰਘ, ਐਸ.ਪੀ. (ਐਚ.), ਸ੍ਰੀ ਮਹੇਸ਼ ਕੁਮਾਰ ਸੈਣੀ, ਐਸ.ਪੀ. ਆਪਰੇਸ਼ਨ, ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ, ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ, ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਅਤੇ ਸ੍ਰੀ ਜੋਰਾ ਸਿੰਘ, ਡੀ.ਐਸ.ਪੀ. (ਐਚ.) ਸਮੇਤ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓਜ਼ ਵੱਲੋਂ ਕੀਤੀ ਗਈ।
ਐਸ.ਐਸ.ਪੀ. ਦਾ ਸੰਦੇਸ਼: ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਭਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਤੋਂ ਬਾਅਦ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਹੜੇ ਵਾਰ-ਵਾਰ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ। ਅਜਿਹੇ ਵਿਅਕਤੀਆਂ ਖ਼ਿਲਾਫ਼ ਮਿਲ ਰਹੀ ਜਾਣਕਾਰੀ ਦੇ ਆਧਾਰ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸੇਫ ਪੰਜਾਬ’ ਪੋਰਟਲ ’ਤੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ ਅਤੇ ਪ੍ਰਾਪਤ ਹੋਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਵੱਲੋਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।