ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਉੱਥੇ ਹੀ ਇਸ ਨਾਲ ਨਿਕਲਣ ਵਾਲਾ ਧੂੰਆਂ ਮਨੁੱਖਾਂ, ਬੱਚਿਆਂ, ਬਜ਼ੁਰਗਾਂ ਅਤੇ ਪਸ਼ੂਆਂ ਦੀ ਸਿਹਤ ਲਈ ਵੀ ਹਾਨੀਕਾਰਕ ਸਾਬਤ ਹੁੰਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਰੋਟਰੀ ਸਲੈਸ਼ਰ ਅਤੇ ਹੋਰ ਉਪਲਬਧ ਖੇਤੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰ ਸਕਦੇ ਹਨ। ਇਸ ਨਾਲ ਜਿੱਥੇ ਪਰਾਲੀ ਦਾ ਸੁਚੱਜਾ ਨਿਪਟਾਰਾ ਹੁੰਦਾ ਹੈ, ਉੱਥੇ ਹੀ ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਖੇਤੀ ਦੀ ਲਾਗਤ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਨਮੀ ਬਰਕਰਾਰ ਰਹਿਣ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਦੀ ਵਰਤੋਂ ਉਦਯੋਗਿਕ ਇਕਾਈਆਂ, ਬਾਇਓਮਾਸ ਪਲਾਂਟਾਂ ਅਤੇ ਹੋਰ ਉਪਯੋਗੀ ਕੰਮਾਂ ਲਈ ਵੀ ਕੀਤੀ ਜਾ ਸਕਦੀ ਹੈ।
ਸ੍ਰੀ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਖੇਤੀ ਮਸ਼ੀਨਰੀ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਵਾਤਾਵਰਣ ਦੇਣ ਲਈ ਸਾਡਾ ਸਾਂਝਾ ਫਰਜ਼ ਵੀ ਹੈ।
ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ, ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਓ, ਸਾਰੇ ਮਿਲ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਦਾ ਸੰਕਲਪ ਲਈਏ।