ਐਸ.ਐਸ.ਪੀ. ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਪੁਲਿਸ ਨਾਕਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜ਼ਿਲ੍ਹੇ ਵਿੱਚ 44 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਕੀਤੀ ਗਈ ਬਾਰੀਕੀ ਨਾਲ ਜਾਂਚ
ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ, ਰਾਤ ਸਮੇਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਅਤੇ ਨਾਈਟ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਨਾਕਾਬੰਦੀ ਅਤੇ ਚੈਕਿੰਗ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਡਿਊਟੀ ਦੀ ਜਾਂਚ ਕੀਤੀ ਗਈ ਅਤੇ ਰਾਤ ਸਮੇਂ ਪੂਰੀ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਕੁੱਲ 44 ਪੁਲਿਸ ਨਾਕੇ ਲਗਾਏ ਗਏ। ਇਨ੍ਹਾਂ ਨਾਕਿਆਂ ’ਤੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਗਈ।
ਇਸ ਮੁਹਿੰਮ ਵਿੱਚ 1 ਐਸ.ਪੀ., 6 ਡੀ.ਐਸ.ਪੀ. ਅਤੇ 460 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹਿੱਸਾ ਲਿਆ ਗਿਆ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਚੈਕਿੰਗ ਅਤੇ ਨਾਕਾਬੰਦੀ ਦੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ।
ਜਨਤਕ ਥਾਵਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ
ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਹੋਰ ਸੰਵੇਦਨਸ਼ੀਲ ਤੇ ਨੋ-ਮੂਵਮੈਂਟ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵੱਲੋਂ ਰਾਤ ਸਮੇਂ ਲਗਾਤਾਰ ਗਸ਼ਤ ਅਤੇ ਫਲੈਗ ਮਾਰਚ ਕਰਦਿਆਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਨਜ਼ਰ ਰੱਖੀ ਗਈ।ਰੇਲਵੇ ਸਟੇਸ਼ਨਾਂ ’ਤੇ ਪੁਲਿਸ ਟੀਮਾਂ ਵੱਲੋਂ ਯਾਤਰੀਆਂ ਦੇ ਸਮਾਨ ਦੀ ਜਾਂਚ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ। PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਪੁਲਿਸ ਰਿਕਾਰਡ ਦੀ ਮੌਕੇ ’ਤੇ ਹੀ ਜਾਂਚ ਅਤੇ ਤਸਦੀਕ ਕੀਤੀ ਗਈ।ਇਸੇ ਤਰ੍ਹਾਂ ਬੱਸ ਸਟੈਂਡਾਂ ਅਤੇ ਹੋਰ ਜਨਤਕ ਥਾਵਾਂ ਨੇੜੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕਰਦਿਆਂ VAHAN ਐਪ ਰਾਹੀਂ ਉਨ੍ਹਾਂ ਦੀ ਵੇਰੀਫਿਕੇਸ਼ਨ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਨਾਕਿਆਂ ’ਤੇ ਵਾਹਨਾਂ ਦੀ ਜਾਂਚ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ
ਵੱਖ-ਵੱਖ ਪੁਲਿਸ ਨਾਕਿਆਂ ਦੌਰਾਨ ਵਾਹਨਾਂ ਦੀ ਤਲਾਸ਼ੀ, ਦਸਤਾਵੇਜ਼ਾਂ ਅਤੇ ਨੰਬਰ ਪਲੇਟਾਂ ਦੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟ, ਮੋਡੀਫਾਈਡ ਸਾਈਲੈਂਸਰ, ਡਿਮ ਲਾਈਟਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਗਈ।
ਐਸ.ਐਸ.ਪੀ. ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੀਆਂ ਹਦਾਇਤਾਂ
ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਉਹ ਖੁਦ ਵੀ ਸਮੇਂ-ਸਮੇਂ ’ਤੇ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਨਾਕਾਬੰਦੀ ਅਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲੈ ਰਹੇ ਹਨ, ਤਾਂ ਜੋ ਪੁਲਿਸ ਦੀ ਮੌਜੂਦਗੀ ਅਤੇ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰ ਸ਼ੱਕੀ ਵਿਅਕਤੀ ਤੇ ਵਾਹਨ ਦੀ ਬਾਰੀਕੀ ਨਾਲ ਜਾਂਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅਜਿਹੀਆਂ ਵਿਸ਼ੇਸ਼ ਨਾਈਟ ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਮੁਹਿੰਮਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ, ਤਾਂ ਜੋ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕੀਤੀ ਜਾ ਸਕੇ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।