ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਹੈ, ਜਿਸ ਕਾਰਨ ਹੁਣ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ ਅਤੇ ਕਈ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦਿੱਤੀ।
ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 9,46,404.65 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 9,24,008.03 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 7,44,325.37 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।