ਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਸ੍ਰੀ ਮੁਕਤਸਰ ਸਾਹਿਬ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਖਿਓਵਾਲੀ ਵੱਲੋਂ ਸਾਂਝੇ ਤੌਰ ‘ਤੇ ਮਲੋਟ ਵਿਖੇ ਰੋਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀਮਤੀ ਕੰਚਨ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ‘ ਤੇ ਸ਼ਾਮਿਲ ਹੋਏ।
ਇਸ ਮੌਕੇ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਅਜਿਹੇ ਮੇਲੇ ਨੌਜਵਾਨਾਂ ਨੂੰ ਉਦਯੋਗਿਕ ਅਦਾਰਿਆਂ ਨਾਲ ਜੋੜਨ ਅਤੇ ਉਹਨਾਂ ਦੇ ਹੁਨਰ ਅਨੁਸਾਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਨੇ ਵੀ ਨੌਜਵਾਨਾਂ ਨੂੰ ਅਜਿਹੇ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਰੋਜ਼ਗਾਰ ਅਫ਼ਸਰ ਹਰਭਜਨ ਸਿੰਘ ਨੇ ਦੱਸਿਆ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ, ਸਵੈ—ਰੋਜ਼ਗਾਰ ਅਤੇ ਹੁਨਰ ਸਿਖਲਾਈ ਸਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਆਈ.ਟੀ.ਆਈ. ਖਿਓਵਾਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਮੇਲਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵੱਲ ਇੱਕ ਸਾਂਝਾ ਉਪਰਾਲਾ ਹੈ।
ਮੇਲੇ ਵਿੱਚ ਵੱਖ—ਵੱਖ ਖੇਤਰਾਂ ਦੀਆਂ 19 ਕੰਪਨੀਆਂ ਨੇ ਭਾਗ ਲਿਆ। ਇਸ ਦੌਰਾਨ ਕੁੱਲ 577 ਪ੍ਰਾਰਥੀਆਂ ਨੇ ਰੋਜ਼ਗਾਰ ਪ੍ਰਾਪਤ ਕਰਨ ਲਈ ਭਾਗ ਲਿਆ, ਜਿਹਨਾਂ ਵਿੱਚੋਂ ਵੱਖ—ਵੱਖ ਕੰਪਨੀਆਂ ਵੱਲੋਂ 264 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਅੰਤ ਵਿੱਚ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਅਤੇ ਸਮੂਹ ਪ੍ਰਾਰਥੀਆਂ ਦਾ ਧੰਨਵਾਦ ਕੀਤਾ।