ਫਿਰੋਜ਼ਪੁਰ
7 ਜੁਲਾਈ 2026
ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਸਕੂਟਰੀ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਨ ਦੀ ਗੱਲ ਕਹੀ ਹੈ।
ਘਟਨਾ ਜ਼ੀਰਾ ਦੇ ਮਖੂ ਰੋਡ ‘ਤੇ ਵਾਪਰੀ, ਜਿੱਥੇ ਅੰਮ੍ਰਿਤਸਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਸਕੂਟਰੀ ਸਵਾਰ ਗੁਰਮੇਲ ਸਿੰਘ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੁਰਮੇਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਮੇਲ ਸਿੰਘ ਪਿੰਡ ਮਹੀਆ ਸਿੰਘ ਵਾਲਾ ਖੁਰਦ ਦਾ ਰਹਿਣ ਵਾਲਾ ਸੀ ਅਤੇ ਇੱਕ ਸਕੂਲ ਵਿੱਚ ਬੱਸ ਡਰਾਈਵਰ ਵਜੋਂ ਕੰਮ ਕਰਦਾ ਸੀ। ਘਟਨਾ ਸਮੇਂ ਉਹ ਕਿਸੇ ਕੰਮ ਲਈ ਕਚਹਿਰੀਆਂ ਵੱਲ ਜਾ ਰਿਹਾ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਦੋ ਅਣਵਿਆਹੇ ਪੁੱਤਰ ਹਨ ਅਤੇ ਪਰਿਵਾਰ ਕੋਲ ਨਾ ਕੋਈ ਜ਼ਮੀਨ ਹੈ ਅਤੇ ਨਾ ਹੀ ਆਮਦਨ ਦਾ ਹੋਰ ਕੋਈ ਸਾਧਨ। ਪਰਿਵਾਰ ਨੇ ਦੋਸ਼ੀ ਬੱਸ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।ਐਸਐਚਓ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ ਗਿਆ ਹੈ।