ਲੁਧਿਆਣਾ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਰਣਜੀਤ ਕੌਰ ਉਰਫ਼ “ਭਾਬੀ ਚੁੰਮੇਵਾਲੀ” ਅਤੇ ਉਸਦੇ ਪਤੀ ਜ਼ਿੰਦਾ ਹੰਸ ਖ਼ਿਲਾਫ਼ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਦੀ ਸ਼ਿਕਾਇਤ ‘ਤੇ ਦਰਜ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।ਨਿਹੰਗ ਮਨਪ੍ਰੀਤ ਸਿੰਘ ਖਾਲਸਾ ਨੇ ਦੋਸ਼ ਲਗਾਇਆ ਹੈ ਕਿ ਰਣਜੀਤ ਕੌਰ ਅਤੇ ਉਸਦੇ ਪਤੀ ਸੋਸ਼ਲ ਮੀਡੀਆ ‘ਤੇ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਪੋਸਟ ਕਰਦੇ ਹਨ, ਜਿਸ ਦਾ ਸਮਾਜ ਅਤੇ ਖ਼ਾਸ ਕਰਕੇ ਬੱਚਿਆਂ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਸ਼ਿਕਾਇਤ ਵਿੱਚ ਅਸ਼ਲੀਲ ਭਾਸ਼ਾ, ਅਣਉਚਿਤ ਵੀਡੀਓ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਨਿਹੰਗ ਸਮੂਹਾਂ ਨੂੰ ਨਿਸ਼ਾਨਾ ਬਣਾਉਣ ਵਰਗੇ ਦੋਸ਼ ਵੀ ਲਗਾਏ ਗਏ ਹਨ।ਇਸ ਸ਼ਿਕਾਇਤ ਦੇ ਆਧਾਰ ‘ਤੇ ਲੁਧਿਆਣਾ ਪੁਲਿਸ ਨੇ ਆਈਟੀ ਐਕਟ ਦੀਆਂ ਧਾਰਾਵਾਂ 67 ਅਤੇ 67(ਏ) ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਮੋਤੀ ਨਗਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਦੂਜੇ ਪਾਸੇ, ਰਣਜੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਮਨਪ੍ਰੀਤ ਸਿੰਘ ਦੇ ਦੋਸ਼ਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਆਪਣੇ ਪੱਖ ਦੇ ਸਬੂਤ ਜਲਦ ਹੀ ਮੀਡੀਆ ਸਾਹਮਣੇ ਪੇਸ਼ ਕਰੇਗੀ।ਫਿਲਹਾਲ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ਾਂ ਦੀ ਸੱਚਾਈ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।