ਤਰਨਤਾਰਨ
7 ਜੁਲਾਈ
ਫ਼ਿਲਮ ‘ਸਤਲੁਜ’ ਦੀ ਰਿਲੀਜ਼ ‘ਤੇ ਲੱਗੀ ਰੋਕ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਜਸਵੰਤ ਸਿੰਘ ਖਾਲੜਾ ਦੇ ਜੱਦੀ ਪਿੰਡ ਖਾਲੜਾ ਤੋਂ ਸ਼ੁਰੂ ਹੋ ਕੇ ਤਰਨ ਤਾਰਨ ਤੱਕ ਪਹੁੰਚਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।ਪੰਜਾਬ ਦੇ ਕਾਲੇ ਦੌਰ ਦੌਰਾਨ ਲਾਪਤਾ ਕੀਤੇ ਗਏ ਅਤੇ ਲਾਵਾਰਿਸ ਦੱਸ ਕੇ ਸਸਕਾਰ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਨੂੰ ਦੁਨੀਆ ਸਾਹਮਣੇ ਲਿਆਉਣ ਵਾਲੇ ਜਸਵੰਤ ਸਿੰਘ ਖਾਲੜਾ ਦੀ ਜੀਵਨੀ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਵਿਵਾਦ ਜਾਰੀ ਹੈ।ਫ਼ਿਲਮ ਦੀ ਰਿਲੀਜ਼ ‘ਤੇ ਰੋਕ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਾਲੜਾ ਤੋਂ ਤਰਨ ਤਾਰਨ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਹੋਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਫ਼ਿਲਮ ‘ਸਤਲੁਜ’ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਇਤਿਹਾਸਕ ਘਟਨਾਵਾਂ ਨਾਲ ਜੁੜੇ ਮਾਮਲਿਆਂ ਨੂੰ ਲੋਕਾਂ ਤੱਕ ਪਹੁੰਚਣ ਦਿੱਤਾ ਜਾਵੇ।ਇਸ ਮੌਕੇ ਆਗੂਆਂ ਵੱਲੋਂ ਸਰਕਾਰ ਤੋਂ ਆਪਣਾ ਫ਼ੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਗਈ। ਫਿਲਹਾਲ ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਜਾਰੀ ਹੈ।