ਮੋਗਾ, 08 ਜੁਲਾਈ,
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਦੀ ਭਲਾਈ, ਸੁਰੱਖਿਆ ਅਤੇ ਸਮਨਾਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਲਡਰਲਾਈਨ ਹੈਲਪਲਾਈਨ 14567 ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ਨੰਬਰ 14567 ਰਾਹੀਂ ਬਜੁਰਗਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਇਸ ਟੋਲ ਫਰੀ ਨੰਬਰ ਤੇ ਸੰਪਰਕ ਕਰਕੇ ਬਜੁਰਗ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦਾ ਨਿਪਟਾਰਾ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਬਹੁਤ ਸਾਰੇ ਸੀਨੀਅਰ ਸਿਟੀਜਨ ਇਸ ਹੈਲਪਲਾਈਨ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਬਜੁਰਗਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਸਾਗਰ ਸੇਤੀਆ ਨੇ ਸਮੂਹ ਜ਼ਿਲ੍ਹਾ ਵਾਸੀਆਂ, ਪੰਚਾਇਤੀ ਰਾਜ ਸੰਸਥਾਵਾਂ, ਬਲਾਕ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ਬਾਰੇ ਵਿਆਪਕ ਜਾਗਰੂਕਤਾ ਫੈਲਾਉਣ ਵਿੱਚ ਸਹਿਯੋਗ ਕਰਨ ਤਾਂ ਜੋ ਹਰ ਲੋੜਵੰਦ ਬਜੁਰਗ ਇਸ ਸੇਵਾ ਦਾ ਲਾਭ ਪ੍ਰਾਪਤ ਕਰ ਸਕੇ।