ਚੰਡੀਗੜ੍ਹ, 9 ਜੁਲਾਈ :
ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਫ਼ਿਲਮ ਸਤਲੁਜ ਨੂੰ ਓਟੀਟੀ ਤੋਂ ਹਟਾਏ ਜਾਣ ਦੇ ਮਾਮਲੇ ‘ਚ ਭਾਜਪਾ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ।ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੋਸ਼ ਲਗਾਇਆ ਕਿ ਫ਼ਿਲਮ ਸਤਲੁਜ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣ ਪਿੱਛੇ ਭਾਜਪਾ ਅਤੇ ਕਾਂਗਰਸ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਵਿੱਚ ਦਰਸਾਈਆਂ ਗੱਲਾਂ ਨਾਲ ਕਾਂਗਰਸ ਦਾ ਚਿਹਰਾ ਬੇਨਕਾਬ ਹੋ ਰਿਹਾ ਸੀ, ਜਿਸ ਕਾਰਨ ਇਸ ਨੂੰ ਰਿਲੀਜ਼ ਤੋਂ ਕੁਝ ਘੰਟਿਆਂ ਬਾਅਦ ਹੀ ਹਟਾ ਦਿੱਤਾ ਗਿਆ।ਬਲਤੇਜ ਪੰਨੂ ਨੇ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਅਕਾਲੀ ਦਲ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਹਰਸਿਮਰਤ ਕੌਰ ਬਾਦਲ ਕੋਲ ਪੰਜਾਬ ਸਰਕਾਰ ਵੱਲੋਂ ਫ਼ਿਲਮ ਹਟਾਉਣ ਲਈ ਕੇਂਦਰ ਨੂੰ ਲਿਖੀ ਕਿਸੇ ਚਿੱਠੀ ਦਾ ਸਬੂਤ ਹੈ ਤਾਂ ਉਹ ਇਸ ਨੂੰ ਜਨਤਕ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਕਿਹਾ ਕਿ ਇਤਿਹਾਸ ਨੂੰ ਬਦਲਿਆ ਨਹੀਂ ਜਾ ਸਕਦਾ।