ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਤਿਰੰਗਾ
13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਸ੍ਰੀ ਮੁਕਤਸਰ ਸਾਹਿਬ, 03 ਅਗਸਤ
15 ਅਗਸਤ 2026 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮਲੋਟ ਸ੍ਰੀ ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਹਾੜਾ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਹਾੜੇ ਵਿੱਚ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਨਾ ਆਵੇ।
ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਤਾਂ ਉਨ੍ਹਾਂ ਨੂੰ ਕਸਿਆ ਜਾਵੇ। ਉਨ੍ਹਾਂ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਖੇਡ ਵਿਭਾਗ, ਜਲ ਸਪਲਾਈ ਅਤੇ ਖ਼ੁਰਾਕ ਸਪਲਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ 2026 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਐਸ.ਪੀ. ਐੱਚ ਹਰਕਮਲ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।