‘ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮਿਸ਼ਨ ਤਹਿਤ ਡੀ.ਏ.ਵੀ. ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ
ਸ੍ਰੀ ਮੁਕਤਸਰ ਸਾਹਿਬ, 11 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੱਦੇਨਜ਼ਰ ‘ਜ਼ਿੰਦਗੀ ਜਿੰਦਾਬਾਦ-ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮਿਸ਼ਨ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਸਾਰਥਕ ਸੋਚ, ਦ੍ਰਿੜ੍ਹ ਇਰਾਦੇ ਅਤੇ ਆਪਸੀ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ ਪਾਉਂਦਿਆਂ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭੂਮਿਕਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਆਲੇ-ਦੁਆਲੇ ਦੇ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਵਲੰਟੀਅਰ ਵਜੋਂ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਗੇ ਤਾਂ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਐਨ.ਜੀ.ਓਜ਼ ਮਿਲ ਕੇ ਕੰਮ ਕਰਨਗੇ ਤਾਂ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।
ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਵਿਦਿਆਰਥੀਆਂ ਤੋਂ ਉਮੀਦ ਹੈ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਸਾਥੀਆਂ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਇਸ ਬੁਰਾਈ ਤੋਂ ਬਚਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਕਾਰਾਤਮਕ ਸੋਚ ਅਤੇ ਦ੍ਰਿੜ੍ਹ ਇਰਾਦੇ ਨਾਲ ਲਗਾਤਾਰ ਅੱਗੇ ਵਧਦੇ ਰਹੇ ਤਾਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ। ਉਨ੍ਹਾਂ ਇਸ ਮੁਹਿੰਮ ਨਾਲ ਜੁੜੀਆਂ ਸਾਰੀਆਂ ਐਨ.ਜੀ.ਓਜ਼ ਦਾ ਵੀ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਸ੍ਰੀ ਰੁਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਨਸ਼ੇ ਦੀ ਸ਼ੁਰੂਆਤ ਸਾਥੀਆਂ ਦੇ ਦਬਾਅ (ਪੀਅਰ ਪ੍ਰੈਸ਼ਰ) ਕਾਰਨ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਫੈਸਲਿਆਂ ਪ੍ਰਤੀ ਸੁਚੇਤ ਰਹਿਣ ਅਤੇ ਨਸ਼ਿਆਂ ਤੋਂ ਸਪੱਸ਼ਟ ਤੌਰ ’ਤੇ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਮਿਹਨਤ ਅਤੇ ਲਗਨ ਨਾਲ ਆਈ.ਏ.ਐਸ. ਅਤੇ ਆਈ.ਪੀ.ਐਸ. ਵਰਗੀਆਂ ਉੱਚੀਆਂ ਅਤੇ ਜ਼ਿੰਮੇਵਾਰ ਪਦਵੀਆਂ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸੋਚ ਅਤੇ ਊਰਜਾ ਨੂੰ ਸਹੀ ਦਿਸ਼ਾ ਮਿਲਣ ਨਾਲ ਅਜਿਹਾ ਨਵਾਂ ਪੰਜਾਬ ਸਿਰਜਿਆ ਜਾ ਸਕਦਾ ਹੈ ਜੋ ਨਸ਼ਿਆਂ ਦੀ ਥਾਂ ਤਰੱਕੀ, ਰੋਜ਼ਗਾਰ, ਸਕਾਰਾਤਮਕ ਸੋਚ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਣਾਲੀ ਲਈ ਜਾਣਿਆ ਜਾਵੇ।
ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਇੰਦਰਜੋਤ ਕੌਰ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਦੇ ਨਸ਼ਿਆਂ ਦੇ ਜਾਲ ਵਿੱਚ ਫਸਣ ਦੇ ਵੱਖ-ਵੱਖ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਪ੍ਰਤੀ ਸੁਚੇਤ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਐਨ.ਜੀ.ਓਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਨੇ ਕਿਹਾ ਕਿ ਐਨ.ਜੀ.ਓਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪ੍ਰਸ਼ਾਸਨ ਨੂੰ ਲੋੜ ਹੋਵੇਗੀ, ਐਨ.ਜੀ.ਓਜ਼ ਦੀ ਟੀਮ ਪੂਰੀ ਤਨਦੇਹੀ ਨਾਲ ਪ੍ਰਸ਼ਾਸਨ ਦੇ ਨਾਲ ਖੜ੍ਹੀ ਰਹੇਗੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਇਸ ਮੁਹਿੰਮ ਨਾਲ ਜੁੜੇ ਵੱਖ-ਵੱਖ ਐਨਜੀਓਜ਼ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸਪੀ (ਐਚ) ਹਰਕਮਲ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਸਮਾਜ ਸੇਵੀ ਡਾਕਟਰ ਵਿਜੇ ਬਜਾਜ, ਗੁਰਨਿਸ਼ਾਨ ਸਿੰਘ ਹੇਅਰ, ਡਾਕਟਰ ਵਿਜੇ ਸੁਖੀਜਾ, ਲਵੀਸ਼ ਸੈਨ, ਬੂਟਾ ਰਾਮ ਕਮਰਾ, ਜਸਪਾਲ ਸਿੰਘ, ਲੀਲਾਧਰ ਗੁਪਤਾ ਅਤੇ ਵਿਦਿਆਰਥੀ ਹਾਜ਼ਰ ਸਨ।