ਮਲੋਟ/ਸ੍ਰੀ ਮੁਕਤਸਰ ਸਾਹਿਬ : ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਮਿੱਡਾ ਬਲਾਕ ਮਲੋਟ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ।
ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਵਿੱਚ ਨਦੀਨ ਪ੍ਰਬੰਧਨ ਬਾਰੇ ਵਿਸਥਾਰ ਤਹਿਤ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ ਸਾਉਣੀ ਦੀ ਫ਼ਸਲ ਦਾ ਆਪਣਾ ਬੀਜ ਬਣਾਉਣ ਬਾਰੇ ਪ੍ਰੇਰਿਤ ਕੀਤਾ।
ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਉਹਨਾਂ ਨੇ ਝੋਨੇ ਦੀ ਗੋਭ ਅਵਸਥਾ ਵਿੱਚ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ।