ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ—2026 ਤਹਿਤ ਮਸ਼ਾਲ ਮਾਰਚ ਅੱਜ ਜ਼ਿਲ੍ਹਾ ਫਾਜਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਪਹੁੰਚਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਮਸ਼ਾਲ ਦਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ’ਤੇ ਨਿਘਾ ਸਵਾਗਤ ਕੀਤਾ। ਇਸ ਤੋਂ ਬਾਅਦ ਰੇਲਵੇ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਤੋਂ ਰੈੱਡਕਰਾਸ ਭਵਨ, ਸ੍ਰੀ ਮੁਕਤਸਰ ਸਹਿਬ ਤੱਕ ਪੈਦਲ ਮਾਰਚ ਕੱਢਿਆ ਗਿਆ।
ਇਸ ਮੌਕੇ ਐਸ.ਡੀ.ਐਮ ਸ਼੍ਰੀ ਗੁਰਕਿਰਨਦੀਪ ਸਿੰਘ ਸਿੱਧੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਅਤੇ ਐਨੇ ਵੱਡੇ ਪੱਧਰ ‘ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈਕੇ ਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਹਨਾਂ ਜ਼ਿਲ੍ਹੇ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ।
ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਮਿਤੀ 07 ਸਤੰਬਰ ਤੋਂ 16 ਸਤੰਬਰ 2026 ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਮਿਤੀ 21 ਸਤੰਬਰ ਤੋਂ 27 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ https://sports.punjab.gov.in/login ਪੋਰਟਲ ’ਤੇ ਕੀਤੀ ਜਾ ਸਕਦੀ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਖਿਡਾਰੀ, ਸਕੂਲਾਂ ਦੇ ਬੱਚੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।