‘ਰਨ ਫਾਰ ਇਕੁਐਲਿਟੀ’ ਦੌੜ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ‘ਰਨ ਫਾਰ ਇਕੁਐਲਿਟੀ’ ਦੌੜ ਨੂੰ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੁਦ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਪੀ. (ਡੀ) ਸ੍ਰੀ ਅਸ਼ੋਕ ਮੀਨਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਹੋਰ ਅਧਿਕਾਰੀਆਂ ਨਾਲ ਦੌੜ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦੌੜ ਦਾ ਮਕਸਦ ਖੇਡਾਂ ਰਾਹੀਂ ਨਵੀਂ ਪੀੜ੍ਹੀ ਤੱਕ ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਜੀਵਨ ਦੇ ਲਈ ਸਾਡੇ ਗੁਰੂ ਸਾਹਿਬਾਨ, ਪੀਰ-ਫ਼ਕੀਰ, ਦੇਵੀ-ਦੇਵਤੇ ਸਾਡੇ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ ਦੀ ਪਵਿੱਤਰ ਬਾਣੀ ਦੇ ਨਾਲ-ਨਾਲ ਆਪਣੀ ਸ਼ਰੀਰਕ ਵਰਜਿਸ਼ ਨੂੰ ਵੀ ਜਾਰੀ ਰੱਖਣਾ ਚਾਹੀਦਾ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਦੇ ਹਨ, ਸਗੋਂ ਆਪਸੀ ਏਕਤਾ ਵੀ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਊਰਜਾ ਚੰਗੇ ਪਾਸੇ ਲੱਗਦੀ ਹੈ।
ਇਸ ਉਪਰੰਤ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸੂਬੇ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।
ਇਸ ਪੰਜ ਕਿਲੋਮੀਟਰ ਦੀ ਦੌੜ ਵਿੱਚ ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਤੋਂ ਸ਼ੁਰੂ ਹੋ ਕੇ ਇਹ ਦੌੜ ਕੋਟਕਪੂਰਾ ਰੋਡ ਤੋਂ ਪਿੰਡ ਉਦੇਕਰਨ ਦੀ ਫਿਰਨੀ ਤੋਂ ਫ਼ਿਰੋਜ਼ਪੁਰ ਰੋਡ ਤੋਂ ਹੁੰਦੀ ਹੋਈ ਵਾਪਿਸ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆ ਕੇ ਸਮਾਪਤ ਹੋਈ।
ਇਸ ਦੌਰਾਨ ਦੌੜ ਦੇ ਸਾਰੇ ਭਾਗੀਦਾਰਾਂ ਨੂੰ ਵਿਸ਼ੇਸ਼ ਟੀ-ਸ਼ਰਟਾਂ ਅਤੇ ਮੈਡਲ ਪ੍ਰਦਾਨ ਕੀਤੇ ਗਏ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਇਸ ਮੌਕੇ ਚੇਅਰਮੈਨ ਕੋਨਵੇਅਰ ਸ. ਰਣਧੀਰ ਸਿੰਘ ਧੀਰਾ ਖੁੱਡੀਆਂ, ਐਸ.ਡੀ.ਐਮ. ਸ੍ਰੀ ਗੁਰਕਿਰਨ ਦੀਪ ਸਿੰਘ ਤੋਂ ਇਲਾਵਾ ਜ਼ਿਲ੍ਹਾ ਖੇਡ ਦਫ਼ਤਰ ਦੇ ਸਮੂਹ ਕੋਚ ਅਤੇ ਵੱਖ-ਵੱਖ ਸਕੂਲਾਂ ਦੇ ਖੇਡ ਅਧਿਆਪਕ ਆਦਿ ਹਾਜ਼ਰ ਸਨ।