ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ- ਬਲਵਿੰਦਰ ਸਿੰਘ ਲਾਡੀ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ : ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੀ.ਡੀ.ਪੀ.ਓ ਵਰਿੰਦਰ ਸਿੰਘ ਵੀ ਮੌਜੂਦ ਸਨ।
ਬਲਵਿੰਦਰ ਸਿੰਘ ਲਾਡੀ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ- ਰਹਿਤ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਰੁਜ਼ਗਾਰ ਦੇ ਹੋਰ ਮੌਕੇ ਉਪਲਬਧ ਕਰਵਾਉਣ ਲਈ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਨੌਜਵਾਨ ਨੂੰ ਉਸ ਦੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਅਤੇ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਨਵ-ਨਿਯੁਕਤ ਵਰਕਰ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ।