ਬੀ.ਐੱਲ.ਏ.-1 ਨਾਲ ਮੀਟਿੰਗ ਕਰਕੇ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਬਾਰੇ ਕੀਤੀ ਵਿਚਾਰ-ਚਰਚਾ
ਮੋਗਾ : ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਸਬੰਧੀ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਹਲਕਾ ਮੋਗਾ ਸ੍ਰੀ ਸਤਵਿੰਦਰ ਪਾਲ ਸਿੰਘ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ।
ਸ੍ਰੀ ਸਤਵਿੰਦਰ ਪਾਲ ਸਿੰਘ ਨੇ ਕਿਹਾ ਕਿ ਅਣਮੈਪਡ ਨੋਟਿਸਾਂ ਦੀ ਸੁਣਵਾਈ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਵੋਟਰਾਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਜਾਣਗੀਆਂ। ਸਬੰਧਤ ਵੋਟਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਣਵਾਈ ਲਈ ਨਿਰਧਾਰਿਤ ਮਿਤੀ ’ਤੇ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹਾਜ਼ਰ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਯੁਕਤ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਐਡੀਸ਼ਨਲ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਨਿਰਧਾਰਿਤ ਤਰੀਕ ਨੂੰ ਵੋਟਰ ਆਪਣੇ ਦਸਤਾਵੇਜ਼ ਮੁਕੰਮਲ ਕਰਕੇ ਲੈ ਕੇ ਆਉਣ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿੱਚ ਜ਼ਰੂਰ ਜਾਂਚਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਨਾਮ ਨਾ ਹੋਣ ਕਾਰਨ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਲਈ ਵੋਟਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਸ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ।