-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ
-ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ
ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕਤਾ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਇਹ ਵੈਨਾਂ ਅਗਲੇ 40 ਦਿਨਾਂ ਲਈ 6 ਬਲਾਕਾਂ ਦੇ 934 ਪਿੰਡਾਂ ਵਿੱਚ ਲੋਕਾਂ ਨੂੰ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ। ਇਸ ਦੌਰਾਨ ਕਿਸਾਨਾਂ ਨੂੰ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦੇਣ ਲਈ ਲਿਟਰੇਚਰ ਵੀ ਵੰਡਿਆ ਜਾਵੇਗਾ।
ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਕੋਈ ਵੀ ਰਹਿੰਦ-ਖੂੰਹਦ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ ਤਾਂ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ਵਿੱਚ ਕਦੇ ਵੀ ਅੱਗ ਨਾ ਲਗਾਉਣ ਦਾ ਪ੍ਰਣ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰਕੇ ਜਿੱਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਹੀ ਮਿਲਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਤੇ ਸਾਡਾ ਵਾਤਾਵਰਣ ਵੀ ਖ਼ਰਾਬ ਨਾ ਹੋਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਹੈ, ਇਸ ਦਾ ਲਾਭ ਉਠਾਇਆ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ.ਡੀ.ਓ. ਰਵਿੰਦਰ ਪਾਲ ਸਿੰਘ ਚੱਠਾ, ਏ.ਏ.ਈ ਪ੍ਰਭਦੀਪ ਸਿੰਘ ਤੇ ਅਮਨਪ੍ਰੀਤ ਸਿੰਘ ਸੰਧੂ ਵੀ ਮੌਜੂਦ ਸਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਦੇ ਹੋਏ।