ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ. ਐੱਸ.ਪੀ (ਐੱਚ) ਤੇਜਿੰਦਰਪਾਲ ਸਿੰਘ,ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ, ਪ੍ਰਧਾਨ ਵੀਨੂੰ ਕਾਹਲੋਂ, ਧੀਰਜ ਕੁਮਾਰ, ਮਨਜੀਤ ਸਿੰਘ ਬੁਮਰਾਹ,ਜਗਜੀਤ ਸਿੰਘ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਪੁਲਿਸ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਰਾਹੀਂ ਪੁਲਿਸ ਲਾਈਨ ਦੇ ਅੰਦਰ ਹੋਣ ਵਾਲੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਨੂੰ ਵੀ ਹੋਰ ਬਿਹਤਰ ਬਣਾਇਆ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਤਕਨੀਕਾਂ ਨੂੰ ਅਪਣਾਉਣ ਨਾਲ ਅਪਰਾਧਾਂ ਦੀ ਰੋਕਥਾਮ ਅਤੇ ਜਾਂਚ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਵਿੱਚ ਵੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਸੁਰੱਖਿਆ ਪ੍ਰਬੰਧਾਂ ਵਿੱਚ ਹੋਰ ਵੱਡਾ ਸੁਧਾਰ ਆਵੇਗਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਵਿੱਚ ਸਹਾਇਤਾ ਮਿਲੇਗੀ।
ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਸੁਰੱਖਿਆ ਸਾਧਨਾਂ ਦੀ ਵਰਤੋਂ ਸਮੇਂ ਦੀ ਲੋੜ ਹੈ। ਆਖਰ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।