ਮੰਡੀਆਂ ਵਿੱਚ ਸੁੱਕਾ ਅਤੇ ਸਾਫ ਸੁਥਰਾ ਝੋਨਾ ਲਿਆਂਦਾ ਜਾਵੇ
ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕਰਨ ਦੀ ਸਖਤ ਮਨਾਹੀ
ਸ੍ਰੀ ਮੁਕਤਸਰ ਸਾਹਿਬ:- ਸਰਕਾਰ ਦੇ ਹੁਕਮਾਂ ਅਨੁਸਾਰ ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਅਹਿਮ ਮੀਟਿੰਗ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੂਰੀ ਤਰ੍ਹਾਂ ਸਾਫ਼—ਸਫ਼ਾਈ, ਬਿਜਲੀ, ਪੀਣ ਲਈ ਸਾਫ ਸੁਥਰਾ ਪਾਣੀ ਦਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਹਨਾਂ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਾਫ਼—ਸੁਥਰਾ ਅਤੇ ਸੁੱਕਾ ਝੋਨੇ ਦੀ ਫ਼ਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਝੋਨੇ ਦੀ ਫਸਲ ਵੇਚਣ ਲਈ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਿ਼ਲ੍ਹੇ ਦੀ ਹਦੂਦ ਅੰਦਰ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਹਨਾਂ ਕੰਬਾਇਨ ਮਾਲਕਾਂ ਅਤੇ ਸੰਚਾਲਕਾਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਅਜੈ ਪਾਲ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 123 ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜੇਕਰ ਝੋਨੇ ਦੀ ਆਮਦ ਵਿੱਚ ਵਾਧਾ ਹੁੰਦਾ ਤਾਂ ਮੌਕੇ ’ਤੇ ਹੋਰ ਮੰਡੀਆਂ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ।ਇਸ ਮੌਕੇ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸੂ ਕੁੱਕੜ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।