ਪਠਾਨਕੋਟ:- ਪੰਜਾਬ ਸਰਕਾਰ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ‘ਤੇ ਸੂਬੇ ਭਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਿਸ ਨੇ ਵਿਆਪਕ ਪੱਧਰ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ । ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਫੋਰਸ ਵੱਲੋਂ ‘ਆਪ੍ਰੇਸ਼ਨ ਕਾਸੋ’ ਚਲਾਇਆ ਜਾ ਰਿਹਾ ਹੈ । ਇਸ ਦੇ ਤਹਿਤ ਨਸ਼ੇ ਦੇ ਹੌਟਸਪੌਟਸ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ । ਇਸੇ ਤਹਿਤ ਅੱਜ ਪੁਲਿਸ ਵੱਲੋਂ ਡੀ.ਆਈ.ਜੀ. ਬਲਜੋਤ ਸਿੰਘ ਰਾਠੌਰ ਅਤੇ ਐਸ.ਐਸ.ਪੀ. ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਦੇ ‘ਚਾਰ ਮਰਲਾ ਕੁਆਰਟਰ’ ਮੁੱਹਲੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ । ਤਲਾਸ਼ੀ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਘਰਾਂ ਵਿੱਚ ਜਾ ਕੇ ਤਲਾਸ਼ੀ ਵੀ ਲਈ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਬਲਜੋਤ ਸਿੰਘ ਰਾਠੌਰ ਨੇ ਦੱਸਿਆ ਕਿ ਇਹ ਇਲਾਕਾ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਹੈ, ਕਿਉਂਕਿ ਇੱਥੇ ਅੰਤਰਰਾਸ਼ਟਰੀ ਨਾਲ ਸਰਹੱਦ ਲੱਗਦੀ ਹੈ । ਅਜਿਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਠੱਲ੍ਹ ਪਾਉਣ ਲਈ ਪੁਲਿਸ ਪੂਰੀ ਚੌਕਸੀ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਇਹ ਮੁਹਿੰਮ ਰੋਜ਼ਾਨਾ ਨਿਯਮਿਤ ਤੌਰ ‘ਤੇ ਚਲਾਈ ਜਾ ਰਹੀ ਹੈ ਅਤੇ ਨਿਸ਼ਾਨਦੇਹੀ ਕੀਤੇ ਗਏ ਹੌਟਸਪੌਟ ਇਲਾਕਿਆਂ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤ ਕਾਰਵਾਈ ਦੌਰਾਨ ਹੋਈ ਬਰਾਮਦਗੀ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਸਬੰਧ ਵਿੱਚ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਆਪ੍ਰੇਸ਼ਨ ਦਾ ਵਿਸਥਾਰਤ ਵੇਰਵਾ ਸਬੰਧਤ ਐਸ.ਐਸ.ਪੀ. ਵੱਲੋਂ ਸਾਂਝਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਸਰਕਾਰੀ ਹਦਾਇਤਾਂ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਤਸਕਰਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਹੈ।