ਫਿਲੌਰ:- ਜ਼ਿਲ੍ਹਾ ਜਲੰਧਰ ਦੇ ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਪਿੰਡ ਰਾਏਪੁਰ ਅਰਾਈਆਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਝਿਗੜਾ ਦਾ ਰਹਿਣ ਵਾਲਾ ਸੀ।
ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਕਾਰਨ ਸੜਕ ’ਤੇ ਆਵਾਜਾਈ ਲਗਭਗ ਤਿੰਨ ਘੰਟੇ ਤੱਕ ਪ੍ਰਭਾਵਿਤ ਰਹੀ।
ਧਰਨਾ ਦੇ ਰਹੇ ਲੋਕਾਂ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਟਿੱਪਰ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਦੱਸਿਆ ਗਿਆ ਹੈ ਕਿ ਟਿੱਪਰ ਚਾਲਕ ਖ਼ਿਲਾਫ਼ ਕਾਰਵਾਈ ਹੋਣ ਤੋਂ ਬਾਅਦ ਧਰਨਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ।